Saturday, June 15, 2024

2 ਹਾੜ ਬਨਾਮ ਜੇਠ ਸੁਦੀ 4

 


ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

2 ਹਾੜ ਬਨਾਮ ਜੇਠ ਸੁਦੀ 4

ਸਰਵਜੀਤ ਸਿੰਘ ਸੈਕਰਾਮੈਂਟੋ

ਸਿੱਖ ਇਤਿਹਾਸ ਦੇ ਪੁਰਾਤਨ ਸੋਮਿਆਂ ਮੁਤਾਬਕ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ 2 ਹਾੜ, ਜੇਠ ਸੁਦੀ 4 ਬਿਕ੍ਰਮੀ ਸੰਮਤ 1663 ਦਿਨ ਸ਼ੁੱਕਰਵਾਰ ਨੂੰ ਹੋਈ ਸੀ। ਉੱਨਵੀਂ ਸਦੀ ਦੇ ਅਖੀਰ ਤੇ, ਜਦੋਂ ਅੰਗਰੇਜੀ ਤਾਰੀਖਾਂ ਲਿਖਣ ਦਾ ਰਿਵਾਜ ਪਿਆ ਤਾਂ ਇਹ 30 ਮਈ, 1606 ਈ: (ਜੂਲੀਅਨ) ਲਿਖੀ ਗਈ। ਸਰਕਾਰੀ ਰਿਕਾਰਡ ਵਿੱਚ ਇਹ ਤਾਰੀਖ, 2 ਸ਼ਫਰ 1015 (ਹਿਜਰੀ) ਲਿਖੀ ਗਈ ਹੋਵੇਗੀ। ਭਾਵੇਂ ਅੱਜ ਤੋਂ 418 ਸਾਲ ਪਹਿਲਾਇਹ ਦੋਵੇਂ ਤਾਰੀਖਾਂ (2 ਹਾੜ ਅਤੇ ਜੇਠ ਸੁਦੀ 4) ਇਕ ਦਿਨ ਹੀ ਆਈਆਂ ਸਨ ।ਪਰ ਹਰ ਸਾਲ ਅਜੇਹਾ ਅਜੇਹਾ ਨਹੀ ਹੁੰਦਾ 1663 ਬਿਕ੍ਰਮੀ ਤੋਂ  ਪਿਛੋਂ ਇਹ ਦੋਵੇਂ ਤਾਰੀਖਾਂ 1682 ਬਿਕ੍ਰਮੀ ਨੂੰ ਇਕੱਠੀਆਂ ਆਈਆਂ ਸਨ। ਅੱਜ ਇਨ੍ਹਾਂ ਦੋ ਤਾਰੀਖਾਂ `ਚ ਇਕ ਤਾਰੀਖ ਦੀ ਚੋਣ ਕਰਨੀ ਸਾਡੇ ਲਈ ਸਭ ਤੋਂ ਵੱਡੀ ਚੁਣੌਤੀ ਬਣਦੀ ਜਾਂ ਰਹੀ ਹੈ। ਆਓਦਿਨੋ-ਦਿਨ ਗੰਭੀਰ ਹੁੰਦੀ ਜਾਂ ਰਹੀ ਇਸ ਸਮੱਸਿਆ ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕਰੀਏ

 

ਕੈਲੰਡਰ ਵਿਗਿਆਨ ਦਾ ਆਰੰਭ ਵੀਇਸ ਧਰਤੀ ਤੇ ਇਨਸਾਨ ਦੇ ਹੋਸ਼ ਸੰਭਾਲਣ ਨਾਲ ਹੀ ਹੋ ਗਿਆ ਸੀ। ਕਦੇਂ ਇਨਸਾਨ ਨੂੰ ਵੀ ਦਿਨ ਦੇ ਚਾਨਣ ਅਤੇ ਰਾਤ ਦੇ ਅੰਧੇਰੇ ਦਾ ਹੀ ਗਿਆਨ ਸੀ। ਖਿਆਲ ਕਰੋ ਕਿ ਜਦੋਂ ਕਿਸੇ ਸਿਆਣੇ ਨੇ ਚੰਦ ਦੇ ਮੱਸਿਆ ਤੋਂ ਪੁੰਨਿਆ ਤੱਕ ਚਾਨਣੇ ਪੱਖ (ਸੁਦੀ ਪੱਖ) ਅਤੇ ਪੁੰਨਿਆ ਤੋਂ ਮੱਸਿਆ ਦੇ ਹਨੇਰੇ ਪੱਖ (ਵਦੀ ਪੱਖ) ਦੀ ਗਿਣਤੀ ਕਰਕੇ ਕੈਲੰਡਰ ਦਾ ਮੁੱਢ ਬੰਨਿਆਂ ਹੋਵੇਗਾ ਤਾਂ ਇਨਸਾਨ ਦੇ ਜੀਵਨ ਵਿਚ ਕਿੰਨੀ ਇਨਕਲਾਬੀ ਤਬਦੀਲੀ ਆਈ ਹੋਵੇਗੀ। ਇਸ ਵਿਚ ਕੋਈ ਸ਼ੰਕਾ ਨਹੀ ਕਿ ਸਭ ਤੋਂ ਪਹਿਲਾ ਚੰਦ ਅਧਾਰਤ ਕੈਲੰਡਰ ਹੀ ਹੋਂਦ ਵਿਚ ਆਇਆ ਸੀ। ਜਿਓ-ਜਿਓ ਮਨੁੱਖ ਨੇ ਤਰੱਕੀ ਕੀਤੀ ਅਤੇ ਰੁੱਤਾਂ ਸਬੰਧੀ ਜਾਣਕਾਰੀ ਵਿੱਚ ਵਾਧਾ ਹੋਇਆ ਤਾਂ ਸੂਰਜੀ ਕੈਲੰਡਰ ਹੋਂਦ ਵਿਚ ਆ ਗਏ। ਅੱਜ ਵੀ ਚੰਦ ਅਧਾਰਿਤ ਕੈਲੰਡਰ ਦਾ ਸ਼ੁੱਧ ਰੂਪ ਹਿਜਰੀ ਕੈਲੰਡਰਇਸਲਾਮ ਧਰਮ ਵਿਚ ਪ੍ਰਚੱਲਤ ਹੈ। ਹਿੰਦੂ ਧਰਮ ਵਿੱਚ ਚੰਦਰ-ਸੂਰਜੀ ਬ੍ਰਿਕਮੀ ਕੈਲੰਡਰ ਪ੍ਰਚੱਲਤ ਹੈ ਅਤੇ ਸਿੱਖ ਧਰਮ ਵਿਚ ਚੰਦਰ-ਸੂਰਜੀਸੂਰਜੀ ਬ੍ਰਿਕਮੀ ਅਤੇ ਸੀ: ਈ: ਕੈਲੰਡਰ ਪ੍ਰਚੱਲਤ ਹੈ। ਭਾਵੇਂ ਇਹ ਕੋਈ ਧਾਰਮਿਕ ਵਿਸ਼ਾ ਨਹੀ ਹੈ ਫਿਰ ਵੀ ਇਸ ਦਾ ਧਰਮ ਨਾਲ ਗੂੜਾ ਸਬੰਧ ਹੈ। ਕੈਲੰਡਰ ਦਾ ਮੁੱਖ ਮੰਤਵ ਤਾਂ ਸਮੇਂ ਦੀ ਗਿਣਤੀ-ਮਿਣਤੀ ਦੇ ਨਾਲ-ਨਾਲ ਕੌਮ ਲਈ ਮਹੱਤਵਪੂਰਨ ਦਿਹਾੜਿਆਂ ਦੀ ਸਹੀ ਨਿਸ਼ਾਨ ਦੇਹੀ ਕਰਨਾ ਹੁੰਦਾ ਹੈ

ਧਰਤੀ ਆਪਣੇ ਧੁਰੇ ਦੁਆਲੇ ਘੁੰਮਦੀ ਹੈ ਇਸ ਦਾ ਇਕ ਚੱਕਰ 24 ਘੰਟੇ ਵਿਚ ਪੂਰਾ ਹੁੰਦਾ ਹੈ। ਧਰਤੀ ਸੂਰਜ ਦੇ ਦੁਆਲੇ ਵੀ ਘੁੰਮਦੀ ਹੈਇਹ ਚੱਕਰ 365.242196 ਦਿਨਾਂ ਦਾ ਮੰਨਿਆ ਗਿਆ ਹੈ। ਇਸ ਨੂੰ ਰੁੱਤੀ ਸਾਲ ਕਿਹਾ ਜਾਂਦਾ ਹੈ। ਚੰਦ ਧਰਤੀ ਦੇ ਦੁਆਲੇ ਘੁੰਮਦਾ ਹੈ ਇਹ ਚੱਕਰ 29.53 ਦਿਨਾਂ `ਚ ਪੂਰਾ ਹੁੰਦਾ ਹੈ। ਭਾਵ ਚੰਦ ਦਾ ਇਕ ਮਹੀਨਾ। ਚੰਦ ਦੇ ਸਾਲ ਦੀ ਲੰਬਾਈ 354.37 ਦਿਨ ਮੰਨੀ ਗਈ ਹੈ। ਚੰਦ ਦਾ ਇਕ ਸਾਲ ਸੂਰਜੀ ਸਾਲ ਤੋਂ ਲੱਗ-ਭੱਗ 11 ਦਿਨ ਛੋਟਾ ਹੁੰਦਾ ਹੈ। ਇਹ ਹੈ ਸਾਡੀ ਸਮੱਸਿਆ ਦੀ ਅਸਲ ਜੜ੍ਹ। ਹੁਣ ਜੇ ਹਿਜਰੀ ਕੈਲੰਡਰ ਵਾਂਗੂ ਹੀ ਸਾਰੇ ਦਿਹਾੜੇ ਮਨਾਏ ਜਾਣ ਤਾਂ ਹਰ ਸਾਲ ਉਹ ਦਿਹਾੜਾ ਪਿੱਛਲੇ ਸਾਲ ਨਾਲੋਂ 11 ਦਿਨ ਪਹਿਲਾਂ ਆ ਜਾਵੇਗਾ। ਪਰ ਬਿਕ੍ਰਮੀ ਕੈਲੰਡਰ ਵਿੱਚ ਅਜੇਹਾ ਨਹੀਂ ਹੁੰਦਾ। ਚੰਦ ਦਾ ਕੈਲੰਡਰ ਜਦੋਂ ਸੂਰਜੀ ਸਾਲ ਤੋਂ ਪਿੱਛੇ ਰਹਿ ਜਾਂਦਾ ਹੈ ਤਾਂ ਇਸ ਨੂੰ ਸੂਰਜੀ ਸਾਲ ਦੇ ਨੇੜੇ-ਤੇੜੇ ਰੱਖਣ ਲਈ ਇਸ ਵਿੱਚ ਇਕ ਹੋਰ ਮਹੀਨਾ ਜੋੜ ਦਿੱਤਾ ਹੈ। ਇਸ ਸਾਲ ਚੰਦ ਦੇ ਸਾਲ ਵਿੱਚ 383-84 ਦਿਨ ਹੁੰਦੇ ਹਨ।


 

 

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਨਾਨਕਸ਼ਾਹੀ ਕੈਲੰਡਰ ਦੇ ਨਾਮ ਹੇਠ, ਸੂਰਜੀ ਬਿਕ੍ਰਮੀ (ਦ੍ਰਿਕਗਿਣਤ ਸਿਧਾਂਤਕ, 365.2563 ਦਿਨ) ਛਾਪਿਆ ਜਾਂਦਾ ਹੈ। ਪਰ ਗੁਰਪੁਰਬ ਵਦੀ-ਸੁਦੀ ਮੁਤਾਬਕ ਮਨਾਏ ਜਾਂਦੇ ਹਨ। ਇਹ ਹੀ ਕਾਰਨ ਹੈ ਕਿ ਹਰ ਸਾਲ ਹਰ ਦਿਹਾੜੇ ਦੀ, ਪ੍ਰਵਿਸ਼ਟਾ ਅਤੇ ਤਾਰੀਖ ਬਦਲ ਜਾਂਦੀ ਹੈ। ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜੇਠ ਸੁਦੀ 4, ਮੁਤਾਬਕ, 553 ਨ: ਸ: ਵਿੱਚ 32 ਜੇਠ (14 ਜੂਨ) ਨੂੰ ਆਇਆ ਸੀ। 554 ਨ: ਸ: ਵਿੱਚ 21 ਜੇਠ (3 ਜੂਨ) , 555 ਨ: ਸ: ਵਿੱਚ 9 ਜੇਠ (23 ਮਈ) ਨੂੰ ਆਇਆ ਸੀ। ਪਿਛਲੇ ਸਾਲ (ਸੰਮਤ 2080 ਬਿਕ੍ਰਮੀ) ਚੰਦ ਦੇ ਸਾਲ ਵਿੱਚ 13 ਮਹੀਨੇ (384 ਦਿਨ) ਸਨ। ਇਸ ਕਾਰਨ, ਇਸ ਸਾਲ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 28 ਜੇਠ (10 ਜੂਨ) ਆਇਆ ਹੈ।

ਹੁਣ ਸਵਾਲ ਪੈਦਾ ਹੁੰਦਾ ਹੈ ਕਿ ਜੇ ਅਸੀਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜੇਠ ਸੁਦੀ 4 ਦੀ ਬਿਜਾਏ, ਹਰ ਸਾਲ ਅਸਲ ਪ੍ਰਵਿਸ਼ਟੇ ਭਾਵ 2 ਹਾੜ ਨੂੰ ਮਨਾਉਂਦੇ ਹਾਂ ਤਾਂ ਗੁਰਮਤਿ ਦੇ ਕਿਹੜੇ ਸਿਧਾਂਤ ਦੀ ਅਵੱਗਿਆ ਹੁੰਦੀ ਹੈ? ਹੁਣ ਇਹ ਫੈਸਲਾ ਪੂਰੇ ਵਿਸ਼ਵ `ਚ ਫੈਲ ਚੁੱਕੀ ਸਿੱਖ ਕੌਮ ਨੇ ਕਰਨਾ ਹੈ, ਕੀ ਅਸੀਂ ਇਤਿਹਾਸਿਕ ਦਿਹਾੜੇ ਵਦੀ-ਸੁਦੀ ਮੁਤਾਬਕ ਹਰ ਸਾਲ ਬਦਲਵੇਂ ਪ੍ਰਵਿਸ਼ਟੇ ਅਤੇ ਤਾਰੀਖਾਂ ਨੂੰ ਮਨਾਉਣੇ ਹਨ ਜਾਂ ਅਸਲ ਪ੍ਰਵਿਸ਼ਟਿਆਂ ਮੁਤਾਬਕ ਹਰ ਸਾਲ ਪੱਕੀਆਂ ਤਾਰੀਖਾਂ ਨੂੰ? ਯਾਦ ਰਹੇ, ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ, ਹਰ ਸਾਲ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 2 ਹਾੜ (16ਜੂਨ) ਨੂੰ ਮਨਾਇਆ ਜਾਂਦਾ ਹੈ।